ਉਮੀਦ, ਮਨੋ-ਕਾਮਨਾ, ਲਾਲਸਾ। (ਫ਼ਕੀਰ ਦਾ) ਸੋਟਾ।
ਸੰ. ਆਸ਼ਾ {ਸੰਗ੍ਯਾ}. ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ". (ਵਾਰ ਗੂਜ ੧, ਮ ੩)। (2) ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ". (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ". (ਕੇਦਾ ਮ ੫)। (3) ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ". (ਗੁਪ੍ਰਸੂ) ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.² ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ". (ਜਸਾ)। (5) ਅ਼. __ ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ". (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ". (ਮਾਰੂ ਸੋਲਹੇ ਮ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴ [¹ਸ਼ੁੱਧ, ਕੋਮਲ, ਗ੍ਰਹਸੁਰ, ਵਾਦੀ ਸੰਵਾਦੀ ਆਦਿ ਸੁਰਾਂ ਦਾ ਨਿਰਣਾ ਦੇਖੋ, ਸ੍ਵਰ ਅਤੇ ਠਾਟ ਸ਼ਬਦ ਵਿੱਚ. ²ਦੇਸ਼ ਭੇਦ ਕਰਕੇ ਕਈ ਗਵੈਯੇ ਆਸਾ ਨੂੰ ਰਿਖਭ ਅਤੇ ਧੈਵਤ ਕੋਮਲ ਭੀ ਲਾਉਂਦੇ ਹਨ. ³ਕਿਤਨਿਆਂ ਨੇ ਆਸਾ ਨੂੰ ਮੇਘ ਰਾਗ ਦੀ ਰਾਗਿਨੀ ਲਿਖਿਆ ਹੈ ਅਤੇ ਇਸ ਦੇ ਗਾਉਣ ਦਾ ਸਮਾਂ ਸੂਰਜ ਚੜ੍ਹਨ ਵੇਲੇ ਦੱਸਿਆ ਹੈ. ⁴ਦੰਡੀ ਸੰਨ੍ਯਾਸੀਆਂ ਵਾਂਙ ਮੁਸਲਮਾਨ ਫਕੀਰ ਭੀ "ਆਸਾ"ਰੱਖਣਾ ਭੇਖ ਦਾ ਚਿੰਨ੍ਹ ਮੰਨਦੇ ਹਨ.]
Mahan Kosh data provided by Bhai Baljinder Singh (RaraSahib Wale); See http://www.ik13.com
This is a (Javascript/CSS) Fixed menu.